ਸੰਗਰੂਰ/ ਭਵਾਨੀਗੜ੍ਹ, 1 ਅਗਸਤ/ਜੋਗਿੰਦਰ:-ਸ਼ਹੀਦ ਊਧਮ ਸਿੰਘ ਦੇ 87ਵੇਂ ਸ਼ਹੀਦੀ ਦਿਵਸ ਮੌਕੇ ਭਵਾਨੀਗੜ੍ਹ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਵੱਖ-ਵੱਖ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਆਗੂਆਂ ਨੇ ਸ਼ਮੂਲੀਅਤ ਕਰਕੇ ਮਹਾਨ ਸ਼ਹੀਦ ਨੂੰ ਨਮਨ ਕੀਤਾ। ਸਮਾਗਮ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਦਾ ਜੀਵਨ ਹਰ ਭਾਰਤੀ ਲਈ ਦੇਸ਼ਭਗਤੀ, ਹਿੰਮਤ ਅਤੇ ਕੁਰਬਾਨੀ ਦੀ ਮਿਸਾਲ ਹੈ ਅਤੇ ਉਨ੍ਹਾਂ ਦੇ ਆਦਰਸ਼ਾਂ ‘ਤੇ ਚੱਲਣਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

ਸਮਾਗਮ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਜਲ੍ਹਿਆਂਵਾਲਾ ਬਾਗ ਕਤਲੇਆਮ ਦਾ ਬਦਲਾ ਲੈ ਕੇ ਪੂਰੀ ਦੁਨੀਆ ਨੂੰ ਇਹ ਸੰਦੇਸ਼ ਦਿੱਤਾ ਕਿ ਦੇਸ਼ ਦੀ ਆਜ਼ਾਦੀ ਅਤੇ ਸਨਮਾਨ ਲਈ ਦਿੱਤੀ ਕੁਰਬਾਨੀ ਕਦੇ ਵਿਅਰਥ ਨਹੀਂ ਜਾਂਦੀ। ਉਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ ਅਪੀਲ ਕੀਤੀ ਕਿ ਉਹ ਮਹਾਨ ਸ਼ਹੀਦਾਂ ਦੇ ਇਤਿਹਾਸ ਨੂੰ ਪੜ੍ਹਨ, ਉਨ੍ਹਾਂ ਦੇ ਵਿਚਾਰਾਂ ਨੂੰ ਸਮਝਣ ਅਤੇ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣ।
ਬੁਲਾਰਿਆਂ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਲੋੜ ਹੈ ਕਿ ਨੌਜਵਾਨਾਂ ਨੂੰ ਆਜ਼ਾਦੀ ਦੇ ਸੰਘਰਸ਼ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਬਾਰੇ ਵੱਧ ਤੋਂ ਵੱਧ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਉਨ੍ਹਾਂ ਵਿੱਚ ਦੇਸ਼ ਪ੍ਰਤੀ ਜ਼ਿੰਮੇਵਾਰੀ ਅਤੇ ਰਾਸ਼ਟਰ ਭਗਤੀ ਦੀ ਭਾਵਨਾ ਹੋਰ ਮਜ਼ਬੂਤ ਹੋ ਸਕੇ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਦਾ ਭਾਰਤ ਬਣਾਉਣਾ ਹੀ ਸਾਡਾ ਅਸਲ ਫਰਜ਼ ਹੈ।
ਸ਼ਹੀਤ ਊਧਮ ਸਿੰਘ ਦੇ ਹੱਕਾਂ ਦੀ ਆਵਾਜ਼ ਉਠਾਉਣ ਵਾਲੇ ਕੰਪਿਊਟਰ ਅਧਿਆਪਕਾਂ ਨੇ ਕੀਤਾ ਰੋਸ ਪ੍ਰਦਰਸ਼ਨ
ਇਸੇ ਦਿਨ ਭਵਾਨੀਗੜ੍ਹ ਵਿੱਚ ਕੰਪਿਊਟਰ ਅਧਿਆਪਕਾਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਵੀ ਕੀਤਾ। ਪੰਜਾਬ ਭਰ ਤੋਂ ਇਕੱਠੇ ਹੋਏ ਅਧਿਆਪਕਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਕਈ ਸਾਲਾਂ ਤੋਂ ਉਹ ਆਪਣੀਆਂ ਜਾਇਜ਼ ਮੰਗਾਂ ਲਈ ਸੰਘਰਸ਼ ਕਰ ਰਹੇ ਹਨ, ਪਰ ਅਜੇ ਤੱਕ ਕੋਈ ਠੋਸ ਹੱਲ ਨਹੀਂ ਨਿਕਲਿਆ।

ਅਧਿਆਪਕ ਆਗੂਆਂ ਨੇ ਦੱਸਿਆ ਕਿ ਸਾਲ 2011 ਤੋਂ ਸੇਵਾਵਾਂ ਨਿਭਾ ਰਹੇ ਕੰਪਿਊਟਰ ਅਧਿਆਪਕਾਂ ਨੂੰ ਨੌਕਰੀ ਦੀ ਸੁਰੱਖਿਆ, ਸੇਵਾ ਸ਼ਰਤਾਂ ਅਤੇ ਹੋਰ ਪ੍ਰਸ਼ਾਸਕੀ ਮਸਲਿਆਂ ਸਬੰਧੀ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਸਰਕਾਰ ਨਾਲ ਕਈ ਦੌਰ ਦੀਆਂ ਮੀਟਿੰਗਾਂ ਹੋਣ ਦੇ ਬਾਵਜੂਦ ਵੀ ਅਜੇ ਤੱਕ ਕੋਈ ਪੱਕਾ ਹੱਲ ਸਾਹਮਣੇ ਨਹੀਂ ਆਇਆ।
ਰੋਸ ਪ੍ਰਦਰਸ਼ਨ ਦੌਰਾਨ ਅਧਿਆਪਕਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦੀ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਲਈ ਹਮੇਸ਼ਾ ਵਚਨਬੱਧ ਹਨ, ਪਰ ਆਪਣੇ ਹੱਕਾਂ ਲਈ ਸੰਘਰਸ਼ ਕਰਨਾ ਵੀ ਉਨ੍ਹਾਂ ਦੀ ਮਜ਼ਬੂਰੀ ਬਣ ਚੁੱਕੀ ਹੈ।
ਪ੍ਰਦਰਸ਼ਨ ਦੇ ਅੰਤ ਵਿੱਚ ਅਧਿਆਪਕਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਲੰਬਿਤ ਮੰਗਾਂ ਦਾ ਜਲਦ ਨਿਪਟਾਰਾ ਕੀਤਾ ਜਾਵੇ, ਤਾਂ ਜੋ ਉਹ ਬਿਨਾਂ ਕਿਸੇ ਚਿੰਤਾ ਦੇ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕਰ ਸਕਣ।




