ਸੁਨਾਮ/ਜੋਗਿੰਦਰ: ਸ਼੍ਰੋਮਣੀ ਅਕਾਲੀ ਦਲ ਹਲਕਾ ਸੁਨਾਮ ਦੇ ਇੰਚਾਰਜ ਇੰਜੀਨੀਅਰ ਵਿਨਰਜੀਤ ਸਿੰਘ ਖਡਿਆਲ ਨੇ ਨਾਂਦੇੜ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ਵਰਗੇ ਪਵਿੱਤਰ ਅਸਥਾਨ ’ਤੇ ਅਜਿਹੀ ਘਟਨਾ ਵਾਪਰਨਾ ਬੇਹੱਦ ਚਿੰਤਾਜਨਕ ਅਤੇ ਮੰਦਭਾਗਾ ਹੈ। ਇੰਜੀ. ਖਡਿਆਲ ਨੇ ਕਿਹਾ ਕਿ ਗੁਰੂ ਸਾਹਿਬਾਨ ਨੇ ਸਾਨੂੰ ਪਿਆਰ, ਸਹਿਣਸ਼ੀਲਤਾ, ਸੇਵਾ ਅਤੇ ਮਨੁੱਖਤਾ ਦਾ ਰਾਹ ਦਿਖਾਇਆ ਹੈ। ਗੁਰੂ ਘਰ ਵਿੱਚ ਪਰਿਵਾਰ ਸਮੇਤ ਸ਼ਰਧਾ ਨਾਲ ਨਤਮਸਤਕ ਹੋਣ ਆਏ ਕਿਸੇ ਵਿਅਕਤੀ ’ਤੇ ਹਮਲਾ ਕਰਨਾ ਸਿੱਖੀ ਦੀਆਂ ਮਹਾਨ ਕਦਰਾਂ-ਕੀਮਤਾਂ ਦੇ ਬਿਲਕੁਲ ਉਲਟ ਹੈ। ਉਨ੍ਹਾਂ ਕਿਹਾ ਕਿ ਬਾਣਾ ਪਹਿਨ ਲੈਣ ਨਾਲ ਹੀ ਕੋਈ ਸਿੱਖ ਨਹੀਂ ਬਣ ਜਾਂਦਾ, ਸਗੋਂ ਗੁਰੂ ਦੀ ਸਿੱਖਿਆ ਨੂੰ ਆਪਣੇ ਜੀਵਨ ਵਿੱਚ ਧਾਰਨ ਕਰਨਾ ਹੀ ਅਸਲ ਸਿੱਖੀ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਵਿੱਚ ਦੇਸ਼-ਵਿਦੇਸ਼ ਤੋਂ ਹਰ ਧਰਮ ਅਤੇ ਵਰਗ ਦੇ ਲੋਕ ਸ਼ਰਧਾ ਨਾਲ ਆਉਂਦੇ ਹਨ। ਅਜਿਹੀ ਘਟਨਾ ਦਾ ਸਮਾਜ ਅਤੇ ਹੋਰਨਾਂ ਧਰਮਾਂ ਦੇ ਲੋਕਾਂ ’ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ। ਜੇਕਰ ਵੱਡੇ ਆਗੂ ਗੁਰੂ ਘਰਾਂ ਵਿੱਚ ਵੀ ਸੁਰੱਖਿਅਤ ਨਹੀਂ ਹਨ ਤਾਂ ਆਮ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਸਵਾਲ ਉੱਠਣਾ ਸੁਭਾਵਿਕ ਹੈ।ਇੰਜੀ. ਵਿਨਰਜੀਤ ਸਿੰਘ ਖਡਿਆਲ ਨੇ ਕਿਹਾ ਕਿ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਸੁਰੱਖਿਆ ਲਈ ਗੁਰੂ ਸਾਹਿਬ ਅੱਗੇ ਅਰਦਾਸ ਕਰਦੇ ਹਾਂ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਕਿਰਪਾ ਸਦਕਾ ਉਹ ਪਹਿਲਾਂ ਵੀ ਮੁਸ਼ਕਲ ਹਾਲਾਤਾਂ ਵਿੱਚ ਸੁਰੱਖਿਅਤ ਰਹੇ ਹਨ ਅਤੇ ਅੱਗੇ ਵੀ ਗੁਰੂ ਆਪਣਾ ਮਿਹਰ ਭਰਿਆ ਹੱਥ ਰੱਖਣਗੇ।
ਉਨ੍ਹਾਂ ਸਮੁੱਚੀ ਸੰਗਤ ਨੂੰ ਸ਼ਾਂਤੀ, ਭਾਈਚਾਰਾ ਅਤੇ ਸਿੱਖੀ ਦੀਆਂ ਮਹਾਨ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਦੀ ਅਪੀਲ ਕੀਤੀ।





