ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਮਿੱਠੇ ਚੌਲਾਂ ਦਾ ਲੰਗਰ ਤੇ ਮਿੱਠੇ ਜਲ ਦੀ ਛਬੀਲ

0
53

ਸੰਗਰੂਰ/ਜੋਗਿੰਦਰ, 18 ਜੂਨ: ਧੰਨ ਧੰਨ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਕਰਦਿਆਂ ਅੱਜ ਸੁਨਾਮ ਵਿਖੇ ਪਟਿਆਲਾ ਰੋਡ ਸਥਿਤ ਮਹਾਰਾਜਾ ਪੈਲਸ ਦੇ ਪਰਿਵਾਰ ਵੱਲੋਂ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਿੱਠੇ ਚੌਲਾਂ ਅਤੇ ਮਿੱਠੇ ਜਲ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਤੇ ਸਵੇਰੇ ਤੋਂ ਹੀ ਸੇਵਾਦਾਰਾਂ ਵੱਲੋਂ ਲੰਗਰ ਦੀ ਤਿਆਰੀ ਕੀਤੀ ਗਈ ਅਤੇ ਆਉਂਦੇ-ਜਾਂਦੇ ਰਾਹਗੀਰਾਂ, ਯਾਤਰੀਆਂ ਅਤੇ ਸੰਗਤਾਂ ਨੂੰ ਬੜੇ ਪਿਆਰ ਅਤੇ ਨਿਮਰਤਾ ਨਾਲ ਲੰਗਰ ਛਕਾਇਆ ਗਿਆ। ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਨੁਸਾਰ ਮਨੁੱਖਤਾ ਦੀ ਸੇਵਾ ਦੇ ਇਸ ਉਪਰਾਲੇ ਨੂੰ ਲੋਕਾਂ ਵੱਲੋਂ ਵੀ ਭਰਪੂਰ ਸਹਿਯੋਗ ਅਤੇ ਸਤਿਕਾਰ ਮਿਲਿਆ।

ਇਸ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਲੰਗਰ ਛਕ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਅਤੇ ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ। ਮਹਾਰਾਜਾ ਪੈਲਸ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਧੰਨ ਧੰਨ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਸਾਨੂੰ ਸੱਚ, ਧੀਰਜ, ਸੇਵਾ ਅਤੇ ਮਨੁੱਖਤਾ ਦੀ ਭਲਾਈ ਲਈ ਕੰਮ ਕਰਨ ਦੀ ਪ੍ਰੇਰਣਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਅਤੇ ਸਮਾਜਿਕ ਉਪਰਾਲੇ ਭਵਿੱਖ ਵਿੱਚ ਵੀ ਜਾਰੀ ਰਹਿਣਗੇ ਤਾਂ ਜੋ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਇਆ ਜਾ ਸਕੇ। ਇਸ ਮੌਕੇ ਹਾਜ਼ਰ ਸੰਗਤਾਂ ਨੇ ਲੰਗਰ ਸੇਵਾ ਦੀ ਭਰਪੂਰ ਸ਼ਲਾਘਾ ਕਰਦਿਆਂ ਪ੍ਰਬੰਧਕਾਂ ਦਾ ਧੰਨਵਾਦ ਵੀ ਕੀਤਾ।