Saturday, September 12, 2026
20.5 C
London
Home Uncategorized ਨਗਰ ਕੌਂਸਲ ਲੌਂਗੋਵਾਲ ਦੇ ਨਵੇਂ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਚੋਣ: ਰਛਪਾਲ ਕੌਰ...

ਨਗਰ ਕੌਂਸਲ ਲੌਂਗੋਵਾਲ ਦੇ ਨਵੇਂ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਚੋਣ: ਰਛਪਾਲ ਕੌਰ ਨੂੰ ਪ੍ਰਧਾਨ, ਕੁਲਦੀਪ ਸਿੰਘ ਬੰਟੀ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਕਰਮਜੀਤ ਕੌਰ ਨੂੰ ਮੀਤ ਪ੍ਰਧਾਨ ਚੁਣਿਆ

0
20

ਲੌਂਗੋਵਾਲ, ਜੋਗਿੰਦਰ /23 ਜੂਨ:

ਨਗਰ ਕੌਂਸਲ ਲੌਂਗੋਵਾਲ ਦੀ ਚੋਣ ਲਈ ਸਰਬਸੰਮਤੀ ਨਾਲ ਆਮ ਆਦਮੀ ਪਾਰਟੀ ਦੇ ਕੌਂਸਲਰ ਸ਼੍ਰੀਮਤੀ ਰਛਪਾਲ ਕੌਰ, ਪਤਨੀ ਬਲਵਿੰਦਰ ਸਿੰਘ ਨੂੰ ਪ੍ਰਧਾਨ, ਕੁਲਦੀਪ ਸਿੰਘ ਬੰਟੀ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਸ਼੍ਰੀਮਤੀ ਕਰਮਜੀਤ ਕੌਰ, ਪਤਨੀ ਗੁਰਜੀਤ ਸਿੰਘ ਕਾਲਾ ਨੂੰ ਮੀਤ ਪ੍ਰਧਾਨ ਚੁਣਿਆ ਗਿਆ।

ਇਸ ਮੌਕੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਵ-ਚੁਣੇ ਅਹੁਦੇਦਾਰਾਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਨੂੰ ਲੋਕ ਸੇਵਾ ਅਤੇ ਵਿਕਾਸ ਲਈ ਸਮਰਪਿਤ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਲੌਂਗੋਵਾਲ ਦੇ ਲੋਕਾਂ ਨੇ ਆਮ ਆਦਮੀ ਪਾਰਟੀ ‘ਤੇ ਜੋ ਭਰੋਸਾ ਜਤਾਇਆ ਹੈ, ਉਸ ਨੂੰ ਕਾਇਮ ਰੱਖਣਾ ਸਾਡੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਨਵੀਂ ਟੀਮ ਸਖਤ ਮਿਹਨਤ, ਲਗਨ ਅਤੇ ਸਮਰਪਣ ਭਾਵਨਾ ਨਾਲ ਨਗਰ ਕੌਂਸਲ ਲੌਂਗੋਵਾਲ ਦੇ ਸਰਬਪੱਖੀ ਵਿਕਾਸ ਅਤੇ ਲੋਕ ਭਲਾਈ ਨੂੰ ਯਕੀਨੀ ਬਣਾਏਗੀ।

ਸ੍ਰੀ ਅਰੋੜਾ ਨੇ ਕਿਹਾ, “ਲੌਂਗੋਵਾਲ ਦੇ ਵਿਕਾਸ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਹਰ ਲੋਕ ਭਲਾਈ ਪ੍ਰੋਜੈਕਟ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇਗਾ।”

ਉਨ੍ਹਾਂ ਲੌਂਗੋਵਾਲ ਵਿੱਚ ਪਹਿਲਾਂ ਹੀ ਹੋਏ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਹੋਰ ਵਿਕਾਸ ਕਾਰਜਾਂ ਲਈ ਸਰਕਾਰ ਪੂਰੀ ਤਰ੍ਹਾਂ ਤਤਪਰ ਹੈ। ਉਨ੍ਹਾਂ ਇਹ ਵੀ ਵਿਸ਼ਵਾਸ ਜਤਾਇਆ ਕਿ ਸਾਰੇ ਨਗਰ ਕੌਂਸਲਰ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਸ਼ਹਿਰ ਦੇ ਹਿੱਤਾਂ ਨੂੰ ਪਹਿਲ ਦੇਣਗੇ ਅਤੇ ਵਿਕਾਸ ਨੂੰ ਤੇਜ਼ੀ ਨਾਲ ਅੱਗੇ ਵਧਾਉਣਗੇ।

ਨਵ-ਚੁਣੀ ਪ੍ਰਧਾਨ ਸ਼੍ਰੀਮਤੀ ਰਛਪਾਲ ਕੌਰ ਨੇ ਕਿਹਾ, “ਜੋ ਜ਼ਿੰਮੇਵਾਰੀ ਪਾਰਟੀ ਅਤੇ ਸ਼ਹਿਰ ਵਾਸੀਆਂ ਨੇ ਮੇਰੇ ਸਿਰ ਰੱਖੀ ਹੈ, ਮੈਂ ਉਸ ਨੂੰ ਪੂਰੀ ਇਮਾਨਦਾਰੀ ਅਤੇ ਨਿਸ਼ਠਾ ਨਾਲ ਨਿਭਾਵਾਂਗੀ। ਲੌਂਗੋਵਾਲ ਦੇ ਹਰ ਵਾਰਡ ਦੇ ਵਿਕਾਸ ਨੂੰ ਯਕੀਨੀ ਬਣਾਉਣਾ ਮੇਰੀ ਪਹਿਲ ਹੋਵੇਗੀ।”

ਸੀਨੀਅਰ ਮੀਤ ਪ੍ਰਧਾਨ ਸਰਦਾਰ ਕੁਲਦੀਪ ਸਿੰਘ ਬੰਟੀ ਨੇ ਕਿਹਾ, “ਅਸੀਂ ਸਾਰੀ ਟੀਮ ਮਿਲ ਕੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਾਂਗੇ ਅਤੇ ਸ਼ਹਿਰ ਦੇ ਵਿਕਾਸ ਲਈ ਦਿਨ-ਰਾਤ ਕੰਮ ਕਰਾਂਗੇ।”

ਮੀਤ ਪ੍ਰਧਾਨ ਸ਼੍ਰੀਮਤੀ ਕਰਮਜੀਤ ਕੌਰ ਨੇ ਕਿਹਾ, “ਲੋਕਾਂ ਦੀਆਂ ਮੁੱਢਲੀਆਂ ਸਹੂਲਤਾਂ ਅਤੇ ਸ਼ਹਿਰ ਦੀ ਬਿਹਤਰੀ ਲਈ ਨਗਰ ਕੌਂਸਲ ਵੱਲੋਂ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾਵੇਗਾ।”

ਇਸ ਮੌਕੇ ਭਾਰੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਆਗੂ, ਵਰਕਰ ਅਤੇ ਵੱਡੀ ਗਿਣਤੀ ਨਗਰ ਨਿਵਾਸੀ ਹਾਜ਼ਰ ਸਨ।