Sunday, November 15, 2026
3.5 C
London
Home Uncategorized ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੀ ਅਗਮਪ੍ਰੀਤ ਕੌਰ ਨੇ ਰਾਜ ਪੱਧਰੀ ਤੀਰਅੰਦਾਜ਼ੀ ਮੁਕਾਬਲਿਆਂ...

ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੀ ਅਗਮਪ੍ਰੀਤ ਕੌਰ ਨੇ ਰਾਜ ਪੱਧਰੀ ਤੀਰਅੰਦਾਜ਼ੀ ਮੁਕਾਬਲਿਆਂ ਵਿੱਚ ਜਿੱਤਿਆ ਕਾਂਸੀ ਦਾ ਤਮਗਾ

0
20

ਪਹਿਲੇ ਹੀ ਸਾਲ ਤੀਰਅੰਦਾਜ਼ੀ ਵਿੱਚ ਮਿਲੀ ਸ਼ਾਨਦਾਰ ਸਫਲਤਾ, ਅਕੈਡਮੀ ਵਿੱਚ ਖੁਸ਼ੀ ਦੀ ਲਹਿਰ

ਸੰਗਰੂਰ/ਸੁਨਾਮ, 1 ਨਵੰਬਰ (ਜੋਗਿੰਦਰ): ਕਲਗੀਧਰ ਟਰੱਸਟ ਬੜੂ ਸਾਹਿਬ ਵੱਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੀ ਅੱਠਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਅਗਮਪ੍ਰੀਤ ਕੌਰ ਨੇ 70ਵੀਆਂ ਪੰਜਾਬ ਰਾਜ ਪੱਧਰੀ ਸਕੂਲ ਖੇਡਾਂ ਦੇ ਤੀਰਅੰਦਾਜ਼ੀ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੀ ਦਾ ਤਮਗਾ ਜਿੱਤ ਕੇ ਅਕੈਡਮੀ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ।

ਇਹ ਮੁਕਾਬਲੇ ਕੇਸੀਟੀ ਕਾਲਜ, ਫਤਿਹਗੜ੍ਹ, ਜ਼ਿਲ੍ਹਾ ਸੰਗਰੂਰ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਅਗਮਪ੍ਰੀਤ ਕੌਰ ਨੇ ਅੰਡਰ-14 ਉਮਰ ਵਰਗ ਦੇ ਇੰਡੀਅਨ ਰਾਊਂਡ ਗਰਲਜ਼ ਟੀਮ ਮੁਕਾਬਲੇ ਵਿੱਚ ਤੀਜਾ ਸਥਾਨ ਹਾਸਲ ਕਰਕੇ ਕਾਂਸੀ ਦਾ ਤਮਗਾ ਆਪਣੇ ਨਾਮ ਕੀਤਾ।

ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਦੇ ਪ੍ਰਿੰਸੀਪਲ ਅਨੁਰਾਧਾ ਬੱਬਰ ਨੇ ਅਗਮਪ੍ਰੀਤ ਕੌਰ, ਉਸ ਦੇ ਮਾਪਿਆਂ ਅਤੇ ਕੋਚ ਗਗਨਦੀਪ ਸਿੰਘ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਅਕੈਡਮੀ ਲਈ ਬੇਹੱਦ ਮਾਣ ਵਾਲੀ ਗੱਲ ਹੈ ਕਿ ਸਕੂਲ ਵਿੱਚ ਇਸੇ ਸਾਲ ਤੀਰਅੰਦਾਜ਼ੀ ਦੀ ਖੇਡ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਪਹਿਲੇ ਹੀ ਸਾਲ ਵਿਦਿਆਰਥਣ ਵੱਲੋਂ ਰਾਜ ਪੱਧਰੀ ਮੁਕਾਬਲਿਆਂ ਵਿੱਚ ਤਮਗਾ ਜਿੱਤਣਾ ਇੱਕ ਵੱਡੀ ਪ੍ਰਾਪਤੀ ਹੈ।

ਉਨ੍ਹਾਂ ਕੋਚ ਗਗਨਦੀਪ ਸਿੰਘ ਦੀ ਮਿਹਨਤ, ਲਗਨ ਅਤੇ ਸਮਰਪਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸਫਲਤਾ ਵਿਦਿਆਰਥਣ ਦੀ ਸਖ਼ਤ ਮਿਹਨਤ ਅਤੇ ਕੋਚ ਦੀ ਯੋਗ ਅਗਵਾਈ ਦਾ ਸਾਂਝਾ ਨਤੀਜਾ ਹੈ। ਉਨ੍ਹਾਂ ਉਮੀਦ ਜਤਾਈ ਕਿ ਅਗਮਪ੍ਰੀਤ ਕੌਰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਅਤੇ ਲਗਨ ਨਾਲ ਨਵੀਆਂ ਮੰਜ਼ਿਲਾਂ ਸਰ ਕਰਦਿਆਂ ਅਕੈਡਮੀ ਦਾ ਨਾਮ ਰੌਸ਼ਨ ਕਰਦੀ ਰਹੇਗੀ।

ਅਗਮਪ੍ਰੀਤ ਕੌਰ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਅਕਾਲ ਅਕੈਡਮੀ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਸਮੂਹ ਸਟਾਫ਼ ਵੱਲੋਂ ਵਿਦਿਆਰਥਣ ਨੂੰ ਵਧਾਈ ਦਿੰਦਿਆਂ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਗਈ।