ਸੰਗਰੂਰ/ਜੋਗਿੰਦਰ/6 ਅਕਤੂਬਰ/- ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਧਰਮਗੜ੍ਹ ਛੰਨਾ ਦੇ ਪ੍ਰਿੰਸੀਪਲ ਅਤੇ ਦੋ ਅਧਿਆਪਕਾਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਐਥਲੈਟਿਕਸ ਮੁਕਾਬਲਿਆਂ ਵਿੱਚ ਕਈ ਮੈਡਲ ਆਪਣੇ ਨਾਮ ਕੀਤੇ। ਉਨ੍ਹਾਂ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਅਕਾਲ ਅਕੈਡਮੀ ਧਰਮਗੜ੍ਹ ਛੰਨਾ ਦਾ ਨਾਮ ਰੌਸ਼ਨ ਹੋਇਆ ਹੈ।
ਮੁਕਾਬਲਿਆਂ ਵਿੱਚ ਅਮਨਦੀਪ ਕੌਰ ਨੇ 400 ਮੀਟਰ ਦੌੜ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸੋਨੇ ਦਾ ਤਮਗਾ ਜਿੱਤਿਆ, ਜਦਕਿ 200 ਮੀਟਰ ਦੌੜ ਵਿੱਚ ਦੂਜਾ ਸਥਾਨ ਹਾਸਲ ਕਰਦਿਆਂ ਚਾਂਦੀ ਦਾ ਤਮਗਾ ਆਪਣੇ ਨਾਮ ਕੀਤਾ।
ਅਕੈਡਮੀ ਦੀ ਪ੍ਰਿੰਸੀਪਲ ਸ਼੍ਰੀਮਤੀ ਸ਼ਿਵਾਨੀ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 400 ਮੀਟਰ ਦੌੜ ਵਿੱਚ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦਾ ਤਮਗਾ ਜਿੱਤਿਆ। ਇਸ ਤੋਂ ਇਲਾਵਾ ਉਨ੍ਹਾਂ ਨੇ 100 ਮੀਟਰ ਦੌੜ ਮੁਕਾਬਲੇ ਵਿੱਚ ਤੀਜਾ ਸਥਾਨ ਹਾਸਲ ਕਰਦਿਆਂ ਕਾਂਸੀ ਦੇ ਤਮਗਾ ਆਪਣੇ ਨਾਮ ਕੀਤਾ।
ਇਸੇ ਤਰ੍ਹਾਂ ਜਸਪ੍ਰੀਤ ਕੌਰ ਨੇ 100 ਮੀਟਰ ਦੌੜ ਵਿੱਚ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦਾ ਤਮਗਾ ਜਿੱਤਿਆ। ਉਨ੍ਹਾਂ ਨੇ 400 ਮੀਟਰ ਦੌੜ ਵਿੱਚ ਤੀਜਾ ਸਥਾਨ ਹਾਸਲ ਕਰਦਿਆਂ ਕਾਂਸੀ ਤਮਗਾ ਆਪਣੇ ਨਾਮ ਕੀਤਾ।
ਇਸ ਸ਼ਾਨਦਾਰ ਪ੍ਰਦਰਸ਼ਨ ਦੇ ਆਧਾਰ ’ਤੇ ਅਮਨਦੀਪ ਕੌਰ, ਪ੍ਰਿੰਸੀਪਲ ਸ਼੍ਰੀਮਤੀ ਸ਼ਿਵਾਨੀ ਅਤੇ ਜਸਪ੍ਰੀਤ ਕੌਰ—ਤਿੰਨਾਂ ਦੀ ਚੋਣ ਅਗਲੇ ਸਟੇਟ ਪੱਧਰੀ ਮੁਕਾਬਲਿਆਂ ਲਈ ਹੋਈ ਹੈ। ਇਹ ਉਪਲਬਧੀ ਉਨ੍ਹਾਂ ਦੀ ਮਿਹਨਤ, ਲਗਨ, ਅਨੁਸ਼ਾਸਨ ਅਤੇ ਖੇਡਾਂ ਪ੍ਰਤੀ ਸਮਰਪਣ ਦਾ ਪ੍ਰਤੀਕ ਹੈ।
ਅਕਾਲ ਅਕੈਡਮੀ ਧਰਮਗੜ੍ਹ ਛੰਨਾ ਵੱਲੋਂ ਤਿੰਨਾਂ ਖਿਡਾਰੀਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਗਈ ਅਤੇ ਸਟੇਟ ਪੱਧਰੀ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।




