ਤਰਨ ਤਾਰਨ ਸਾਹਿਬ/ਜੋਗਿੰਦਰ/ 26ਜੁਲਾਈ –
ਸ੍ਰੀ ਅਕਾਲ ਤਖ਼ਤ ਸਾਹਿਬ ਆਰੰਭ ਹੋਏ ਮੀਰੀ ਪੀਰੀ ਖਾਲਸਾ ਮਾਰਚ ਦੀ ਅੱਜ ਤੀਸਰੇ ਦਿਨ ਅਗਲੇ ਪੜਾਅ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਤਰਨ ਤਾਰਨ ਸਾਹਿਬ ਤੋ ਚਲ ਕੇ ਖ਼ਾਲਸਈ ਜਾਹੋ-ਜਲਾਲ ਨਾਲ ਆਰੰਭਤਾ ਸ੍ਰੀ ਗੋਇੰਦਵਾਲ ਸਾਹਿਬ ਜੀ ਵਲ ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਜੇ ਦੀਵਾਨ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਕਥਾ ਵਿਚਾਰਾਂ ਕੀਤੀਆਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਈ।

ਇਸ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦਾ ਸਰਵਉੱਚ ਤਖ਼ਤ ਹੈ, ਜਿਥੋਂ ਗੁਰੂ ਸਾਹਿਬ ਨੇ ਜ਼ਬਰ ਵਿਰੁੱਧ ਖੜਨ ਤੇ ਹੱਕ ਸੱਚ ਦੀ ਪੈਰਵਾਈ ਕਰਨ ਦਾ ਉਪਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਸਜਾਏ ਗਏ ਖਾਲਸਾ ਮਾਰਚ ਦਾ ਉਦੇਸ਼ ਵੀ ਨੌਜੁਆਨੀ ਅਤੇ ਸੰਗਤਾਂ ਨੂੰ ਅਮੀਰ ਵਿਰਾਸਤ ਨਾਲ ਜੋੜਨਾ ਅਤੇ ਨਸ਼ਿਆਂ ਵਰਗੀਆਂ ਅਲਮਤਾਂ ਤੋਂ ਦੂਰ ਰੱਖਣਾ ਹੈ। ਗਿਆਨੀ ਗੜਗੱਜ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਗੁਰੂ ਦਾ ਸਦੀਵੀ ਤਖ਼ਤ ਹੈ, ਜਿਸ ਨੂੰ ਚੁਣੌਤੀ ਦੇਣ ਵਾਲੀਆਂ ਤਾਕਤਾਂ ਨਾ ਕਦੇ ਕਾਮਯਾਬ ਹੋਈਆਂ ਅਤੇ ਨਾ ਹੀ ਹੋਣਗੀਆਂ। ਉਨ੍ਹਾਂ ਮਾਝੇ ਦੀ ਧਰਤੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਖਿੱਤੇ ਵਿਚ ਅਨੇਕਾਂ ਸੂਰਬੀਰ ਯੋਧੇ ਪੈਦਾ ਹੋਏ, ਜਿਨ੍ਹਾਂ ਨੇ ਸਿੱਖ ਸਿਧਾਂਤਾਂ ਲਈ ਸ਼ਹਾਦਤਾਂ ਪ੍ਰਾਪਤ ਕੀਤੀਆਂ। ਜਥੇਦਾਰ ਸਾਹਿਬ ਨੇ ਸ਼ਹੀਦਾਂ ਨੂੰ ਸਤਿਕਾਰ ਭੇਟ ਕਰਦਿਆਂ ਨੌਜੁਆਨੀ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿੱਖ ਸੰਸਥਾਵਾਂ ਦੀ ਚੜ੍ਹਦੀ ਕਲਾ ਲਈ ਇਕਜੁਟ ਹੋਣ ਦੀ ਪ੍ਰੇਰਣਾ ਕੀਤੀ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਤੇ ਗੁਰੂ ਸਾਹਿਬ ਵੱਲੋਂ ਬਖ਼ਸ਼ੇ ਮੀਰੀ ਪੀਰੀ ਦੇ ਸਿਧਾਂਤ ਨੂੰ ਘਰ-ਘਰ ਪਹੁੰਚਾਉਣਾ ਸਮੁੱਚੇ ਪੰਥ ਦੀ ਸਾਂਝੀ ਜ਼ੁੰਮੇਵਾਰੀ ਹੈ। ਸ਼੍ਰੋਮਣੀ ਕਮੇਟੀ ਸਿੱਖ ਜਥੇਬੰਦੀਆਂ, ਸੰਪ੍ਰਦਾਵਾਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਇਸ ਕਾਰਜ ਲਈ ਨਿਰੰਤਰ ਕਾਰਜਸ਼ੀਲ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰੂ ਸਾਹਿਬ ਵੱਲੋਂ ਬਖ਼ਸ਼ੇ ਮੀਰੀ ਪੀਰੀ ਦੇ ਸਿਧਾਂਤ ਅਨੁਸਾਰ ਸਿੱਖ ਲਈ ਧਰਮ ਅਤੇ ਰਾਜਨੀਤੀ ਇਕੱਠੇ ਹਨ। ਇਹ ਸਿਧਾਂਤ ਦੁਨੀਆਂ ਦੇ ਇਤਿਹਾਸ ਵਿਚ ਨਿਵੇਕਲਾ ਹੈ, ਜਿਸ ’ਤੇ ਚੱਲਦਿਆਂ ਸਿੱਖਾਂ ਦੁਆਰਾ ਕੀਤੇ ਰਾਜ ਦੀ ਕਿਧਰੇ ਮਿਸਾਲ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਮੀਰੀ ਪੀਰੀ ਖ਼ਾਲਸਾ ਮਾਰਚ ਨੂੰ ਸੰਗਤ ਵੱਲੋਂ ਮਿਲ ਰਿਹਾ ਸਤਿਕਾਰ ਦਰਸਾਉਂਦਾ ਹੈ ਕਿ ਸਿੱਖ ਹਮੇਸ਼ਾ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੈ। ਉਨ੍ਹਾਂ ਸਿੱਖ ਕੌਮ ਨੂੰ ਗੁਰਬਾਣੀ ਅਤੇ ਸਿੱਖ ਸਿਧਾਂਤ ਨਾਲ ਜੁੜ ਕੇ ਕੌਮੀ ਹੋਂਦ ਪ੍ਰਤੀ ਸੁਚੇਤ ਰਹਿਣ ਲਈ ਪ੍ਰੇਰਣਾ ਵੀ ਕੀਤੀ। ਐਡਵੋਕੇਟ ਧਾਮੀ ਨੇ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕਰਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਤਿਕਾਰ ਭੇਟ ਕਰਨ ਲਈ ਵਿਸ਼ੇਸ਼ ਤੌਰ ’ਤੇ ਧੰਨਵਾਦ ਵੀ ਕੀਤਾ।






